Press ESC to close

Nirpakh NazariyaNirpakh Nazariya ਨਿਰਪੱਖ ਨਜ਼ਰੀਆ

ਮੋਹਾਲੀ ‘ਚ ਕਸ਼ਮੀਰੀ ਵਿਦਿਆਰਥੀਆਂ ਨਾਲ ਹੋ ਰਿਹਾ ਦੁਰਵਿਹਾਰ

Kashmiri Students After Pahalgam Attack: ਖਰੜ ਤੋਂ ਕੁੱਝ ਸਥਾਨਕ ਵਿਦਿਆਰਥੀਆਂ ਅਤੇ ਕਸ਼ਮੀਰੀ ਵਿਦਿਆਰਥੀਆਂ ਵਿਚਾਲੇ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੁਲਿਸ ਹਰਕਤ ‘ਚ ਨਜ਼ਰ ਆ ਰਹੀ ਹੈ। ਪੁਲਿਸ ਨੇ ਸਾਰੇ ਕੈਂਪਸ ਦਾ ਦੌਰਾ ਵੀ ਕੀਤਾ ਹੈ। ਵਿਦਿਆਰਥੀਆਂ ਨੂੰ ਹੈਲਪਲਾਈਨ ਨੰਬਰ 112 ਰਾਹੀਂ ਵੀ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇਗੀ। ਇਸਦੇ ਨਾਲ ਹੀ ਸਾਂਝੇ ਵਟਸਐਪ ਗਰੁੱਪ ਵੀ ਬਣਾਏ ਗਏ ਹਨ।

ਇਸ ਮਾਮਲੇ ਨੂੰ ਲੈ ਕੇ NSUI ਪੰਜਾਬ ਪ੍ਰਧਾਨ ਈਸ਼ਰਪ੍ਰੀਤ ਸਿੰਘ ਨੇ ਵਿਦਿਆਰਥੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਵਿਦਿਆਰਥਣ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਸਥਿਤੀ ਬਦਲ ਗਈ ਹੈ। ਇੱਥੋਂ ਤੱਕ ਕਿ ਜਿਸ ਯੂਨੀਵਰਸਿਟੀ ਵਿੱਚ ਉਹ ਪੜ੍ਹਦੀ ਹੈ, ਉੱਥੇ ਸਥਾਨਕ ਲੋਕ ਉਸ ਨਾਲ ਦੁਰਵਿਹਾਰ ਕਰ ਰਹੇ ਹਨ। ਜਿਵੇਂ ਹੀ ਉਹ ਆਪਣੇ ਕਮਰੇ ‘ਚ ਪਹੁੰਚੀ ਤਾਂ ਸਥਾਨਕ ਲੋਕਾਂ ਨੇ ਉਸ ਦਾ ਦਰਵਾਜ਼ਾ ਖੜਕਾਉਣਾ ਸ਼ੁਰੂ ਕਰ ਦਿੱਤਾ, ਤੇ ਉਸ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ। ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੇ ਉਸ ‘ਤੇ ਹਮਲੇ ਲਈ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ, ਤੇ ਉਸ ਨੂੰ ਅੱਤਵਾਦੀ ਕਹਿਣਾ ਸ਼ੁਰੂ ਕਰ ਦਿੱਤਾ। ਈਸ਼ਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਲੜਕੀ ਸਾਡੀ ਭੈਣ ਹੈ। ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਮੁਹਾਲੀ ਦੇ SSP ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਕਾਲਜ ਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕੈਂਪਸ ਦੇ ਅੰਦਰ ਅਤੇ ਆਲੇ-ਦੁਆਲੇ PCR ਤਾਇਨਾਤ ਕੀਤੇ ਹਨ। ਵਾਹਨਾਂ ਨੂੰ ਹੋਸਟਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਜਿੱਥੇ ਦੂਜੇ ਰਾਜਾਂ ਦੇ ਵਿਦਿਆਰਥੀ ਠਹਿਰੇ ਹੋਏ ਹਨ। ਪ੍ਰਾਈਵੇਟ ਪੀਜੀ ਅਤੇ ਹੋਸਟਲ ਖੇਤਰਾਂ ਵਿੱਚ ਵੀ ਪੁਲੀਸ ਦੀ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਨਿੱਜੀ ਤੌਰ ‘ਤੇ ਇਨ੍ਹਾਂ ਸੰਸਥਾਵਾਂ ਦਾ ਦੌਰਾ ਕੀਤਾ ਹੈ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੁਹਰਾਇਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੋਹਾਲੀ ਜ਼ਿਲੇ ‘ਚ ਇਕ ਨਿੱਜੀ ਵਿਦਿਅਕ ਸੰਸਥਾ ‘ਚ ਕ੍ਰਿਕਟ ਮੈਚ ਦੌਰਾਨ ਕਸ਼ਮੀਰੀ ਵਿਦਿਆਰਥੀਆਂ ਸਮੇਤ ਕੁਝ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਸਾਰਾ ਦਿਨ ਮਾਮਲਾ ਗਰਮਾ ਰਿਹਾ। ਇਸ ਤੋਂ ਬਾਅਦ ਪੁਲਿਸ ਨੇ ਵੀਡੀਓ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਕਿ ਇਹ ਘਟਨਾ ਬੁੱਧਵਾਰ ਨੂੰ ਡੇਰਾਬੱਸੀ ਇਲਾਕੇ ਦੀ ਹੈ। ਸੋਸ਼ਲ ਮੀਡੀਆ ‘ਤੇ ਵਿਦਿਆਰਥੀਆਂ ਵਿਚਾਲੇ ਝਗੜੇ ਦੀ ਕਥਿਤ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਮਾਮਲਾ ਸ਼ਾਂਤੀਪੂਰਵਕ ਸੁਲਝਾਇਆ ਗਿਆ ਹੈ।

Leave a Reply

Your email address will not be published. Required fields are marked *